IMD ਵੱਲੋਂ ਭਾਰੀ ਮੀਂਹ ਦੀ ਚਿਤਾਵਨੀ, ਪੰਜਾਬ ਦੇ ਕਈ ਜ਼ਿਲ੍ਹੇ ਅਲਰਟ ’ਤੇ
ਪੰਜਾਬ ਵਿੱਚ ਭਾਰੀ ਮੀਂਹ ਦਾ ਸਿਲਸਲਾ ਅਗਲੇ 24 ਘੰਟਿਆਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਤਾਜ਼ਾ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ 7 ਸਤੰਬਰ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ।
IMD ਦੇ ਅਨੁਸਾਰ ਉੱਤਰ-ਪੱਛਮੀ ਬੰਗਾਲ ਦੀ ਖਾੜੀ ਉੱਤੇ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ, ਜਿਸ ਕਰਕੇ ਅਗਲੇ ਦੋ ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਖੇਤਰਾਂ ਵਿਚ ਖ਼ਾਸ ਤੌਰ ’ਤੇ ਪ੍ਰਭਾਵ ਪੈ ਸਕਦਾ ਹੈ।
ਫਿਲਹਾਲ ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੋ ਰਹੀ ਹੈ। ਇਸੇ ਕਰਕੇ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵੀ ਸੂਬਾ ਘੋਸ਼ਿਤ ਕਰ ਦਿੱਤਾ ਹੈ ਅਤੇ ਰਾਹਤ ਕਾਰਜ ਹੋਰ ਤੇਜ਼ ਕੀਤੇ ਜਾ ਰਹੇ ਹਨ।
ਸਤਲੁਜ ਅਤੇ ਘੱਗਰ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਵਧਣ ਕਰਕੇ ਮਾਲਵਾ ਖੇਤਰ ਵਿੱਚ ਖੌਫ ਦਾ ਮਾਹੌਲ ਹੈ। ਭਾਖੜਾ ਡੈਮ ਤੋਂ ਵੀ ਜਲਦੀ ਹੀ ਲਗਭਗ 5000 ਕਿਊਸਿਕ ਪਾਣੀ ਛੱਡਿਆ ਜਾਣਾ ਹੈ। ਮੰਤਰੀ ਹਰਜੋਤ ਬੈਂਸ ਨੇ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਤੁਰੰਤ ਤਬਦੀਲ ਹੋਣ ਦੀ ਅਪੀਲ ਕੀਤੀ ਹੈ।